ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ: ਵਿਰਾਜ ਐਸ. ਤਿੜਕੇ

0

  25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓ ਘਰ-ਘਰ ਜਾ ਕੇ ਭਰਨਗੇ ਫਾਰਮ

·         ਪੱਤਰਕਾਰ ਮਿਲਣੀ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦਿੱਤੀ ਜਾਣਕਾਰੀ

ਮਾਲੇਰਕੋਟਲਾ, 15 ਮਈ  (ਮੁਨਸ਼ੀ ਫਾਰੂਕ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ’ਚ ਪੱਤਰਕਾਰਾਂ ਨਾਲ ਰੂ-ਬ-ਰੂ ਹੁੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ।   ਉਨ੍ਹਾਂ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰੋਂ-ਘਰੀਂ ਜਾ ਕੇ ਵੋਟਰਾਂ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ ਜ਼ਿਲ੍ਹੇ ਵਿੱਚ 400 ਬੀ.ਐਲ.ਓਜ਼, 40 ਸੁਪਰਵਾਈਜ਼ਰ, 02 ਈ.ਆਰ.ਓ.ਜ਼ ਅਤੇ 02 ਏ.ਈ.ਆਰ.ਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ ਗਿਆ ਹੈ। ਹਰੇਕ ਬੀ.ਐਲ.ਓ ਨੂੰ ਕਰੀਬ 300 ਘਰਾਂ ਅਤੇ ਕਰੀਬ 1200 ਵੋਟਰਾਂ ਦੀ ਹੀ ਐਸ.ਆਈ.ਆਰ.ਲਈ ਦਿੱਤੇ ਗਏ ਹਨ । ਉਨ੍ਹਾਂ ਨੂੰ ਐਸ.ਆਈ.ਆਰ. ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਰਿਵੀਜ਼ਨ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ। ਉਨ੍ਹਾਂ ਹੋਰ ਦੱਸਿਆ ਕਿ 24 ਜੁਲਾਈ 2026 ਤੱਕ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਮੁੱਖ ਉਦੇਸ਼ ਹਰ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਸੂਚੀ ਵਿੱਚੋਂ ਬਾਹਰ ਕਰਨਾ ਹੈ। ਉਨ੍ਹਾਂ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਕਾਨੂੰਨ ਅਨੁਸਾਰ ਦੰਡਨਯੋਗ ਅਪਰਾਧ ਹੈ, ਜਿਸ ਲਈ ਕੈਦ ਦੀ ਸਜ਼ਾ ਦਾ ਵੀ ਪ੍ਰਾਵਧਾਨ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਅਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੌਰਾਨ ਲੋੜੀਂਦੀ ਜਾਣਕਾਰੀ ਸਮੇਂ ਸਿਰ ਉਪਲਬਧ ਕਰਵਾਉਣ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ. ਅਧੀਨ ਫਾਰਮ ਭਰਨਾ ਲਾਜ਼ਮੀ ਹੋਵੇਗਾ। ਇਸ ਸਬੰਧੀ ਬੀ.ਐਲ.ਓਜ਼ ਵੱਲੋਂ ਘਰਾਂ ਵਿੱਚ ਤਿੰਨ ਵਾਰ ਸੰਪਰਕ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਆਧਾਰ ਕਾਰਡ ਨੂੰ ਸਿਰਫ਼ ਪਹਿਚਾਣ ਦੇ ਸਰੋਤ ਵਜੋਂ ਮੰਨਿਆ ਜਾਵੇਗਾ, ਨਾ ਕਿ ਸਿਟੀਜਨਸ਼ਪ ਅਤੇ ਰਿਹਾਇਸ਼ ਦੇ ਸਬੂਤ ਵਜੋਂ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ. ਅਧੀਨ ਫਾਰਮ ਭਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਦੇ 03 ਲੱਖ 24 ਹਜਾਰ 201 ਵੋਟਰਾਂ ਵਿੱਚੋਂ 02 ਲੱਖ 88 ਹਜਾਰ 658 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 89.04 ਫੀਸਦ ਬਣਦੀ ਹੈ। ਦਿਹਾਤੀ ਖੇਤਰਾਂ ਵਿੱਚ 91.76 ਫੀਸਦੀ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੀਬ 84.83 ਫੀਸਦੀ ਮੈਪਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦਾ ਖਰੜਾ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ, ਜਦਕਿ ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ 2026 ਤੱਕ ਪੇਸ਼ ਕੀਤੇ ਜਾ ਸਕਣਗੇ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ।       ਪੱਤਰਕਾਰ ਮਿਲਣੀ ਦੌਰਾਨ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਉਹ ਆਪਣੇ ਬਲਾਕ ਲੈਵਲ ਏਜੰਟ ਨਿਯੁਕਤ ਕਰਨ ਤਾਂ ਜੋ ਇਹ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਮੁਕੰਮਲ ਹੋ ਸਕੇ । ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਪ੍ਰਕਿਰਿਆ ਦੌਰਾਨ ਚੋਣ ਅਮਲੇ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਅਤੇ ਪਾਰਦਰਸ਼ੀ ਬਣਾਇਆ ਜਾ ਸਕੇ। ਇਸ ਮੌਕੇ ਚੋਣ ਤਹਿਸੀਲਦਾਰ ਸ੍ਰੀ ਬਿਜ ਮੋਹਨ, ਜੂਨੀਅਰ ਸਹਾਇਕ ਸ੍ਰੀ ਮਨਪ੍ਰੀਤ ਸਿੰਘ ਅਤੇ ਸ੍ਰੀ ਸਾਹਿਲ ਗਰਗ, ਕਲਰਕ ਵੀ ਹਾਜ਼ਰ ਸਨ।

Leave a Reply

Your email address will not be published. Required fields are marked *