ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ-2026 ਸਬੰਧੀ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਡਿਪਟੀ ਕਮਿਸ਼ਨਰ ਦੀ ਵਿਸ਼ੇਸ਼ ਮੀਟਿੰਗ

0
  • 89.49 ਫੀਸਦੀ ਵੋਟਰ ਮੈਪਿੰਗ ਮੁਕੰਮਲ, ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ ਤਹਿਤ 07 ਜੂਨ ਨੂੰ ਜ਼ਿਲ੍ਹੇ ਭਰ ਵਿੱਚ

ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ

  • ਸਹੀ, ਪਾਰਦਰਸ਼ੀ ਅਤੇ ਅੱਪਡੇਟ ਵੋਟਰ ਸੂਚੀਆਂ ਲਈ ਵੋਟਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਸਹਿਯੋਗ ਜ਼ਰੂਰੀ – ਵਿਰਾਜ ਐਸ. ਤਿੜਕੇ

ਮਾਲੇਰਕੋਟਲਾ, 02 ਜੂਨ (ਮੁਨਸ਼ੀ ਫਾਰੂਕ) :

ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਤਹਿਤ ਚੱਲ ਰਹੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਅਤੇ ਰਜਿਸਟਰਡ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐਸ.ਆਈ.ਆਰ.-2026 ਦੀ ਪ੍ਰਗਤੀ, ਵਿਸ਼ੇਸ਼ ਵੋਟਰ ਮੈਪਿੰਗ ਮੁਹਿੰਮ ਅਤੇ ਸੋਧੇ ਹੋਏ ਰਿਵੀਜ਼ਨ ਸ਼ਡਿਊਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਜਦੀਪ ਸਿੰਘ ਬਰਾੜ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 07 ਜੂਨ 2026 (ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਵੋਟਰ ਮੈਪਿੰਗ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦਾ ਉਦੇਸ਼ ਸਾਲ 2003 ਦੀ ਵੋਟਰ ਸੂਚੀ ਵਿੱਚ ਦਰਜ ਵੋਟਰਾਂ ਨੂੰ ਮੌਜੂਦਾ ਸਾਲ 2025 ਦੀ ਵੋਟਰ ਸੂਚੀ ਨਾਲ ਮੈਪ ਕਰਕੇ ਵੋਟਰ ਡਾਟਾ ਨੂੰ ਹੋਰ ਸ਼ੁੱਧ, ਸਹੀ ਅਤੇ ਅੱਪਡੇਟ ਬਣਾਉਣਾ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਅਣ-ਮੈਪਡ ਵੋਟਰਾਂ ਦੀਆਂ ਸੂਚੀਆਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਕੈਂਪ ਦੌਰਾਨ ਬੀ.ਐਲ.ਓਜ਼ ਆਪਣੇ-ਆਪਣੇ ਬੂਥਾਂ ’ਤੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਦੇ ਸਹਿਯੋਗ ਨਾਲ ਮੈਪਿੰਗ ਕਾਰਜ ਨੂੰ ਅੰਜ਼ਾਮ ਦੇਣਗੇ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਭਰੋਸੇਯੋਗ ਬਣਾਉਣ ਲਈ ਰਾਜਨੀਤਿਕ ਪਾਰਟੀਆਂ ਦੀ ਸਰਗਰਮ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ। ਇਸ ਲਈ ਸਮੂਹ ਰਾਜਨੀਤਿਕ ਪਾਰਟੀਆਂ ਆਪਣੇ ਬੀ.ਐਲ.ਏਜ਼ ਦੀ ਨਿਯੁਕਤੀ ਯਕੀਨੀ ਬਣਾਉਣ ਅਤੇ ਕੈਂਪ ਦੌਰਾਨ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ। ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਪ੍ਰੀ-ਐਸ.ਆਈ.ਆਰ. ਮੈਪਿੰਗ ਤਹਿਤ ਜ਼ਿਲ੍ਹੇ ਦੇ 3,25,235 ਵੋਟਰਾਂ ਵਿੱਚੋਂ 2,91,059 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਵੋਟਰਾਂ ਦਾ 89.49 ਫੀਸਦੀ ਬਣਦਾ ਹੈ। ਉਨ੍ਹਾਂ ਸਮੂਹ ਵੋਟਰਾਂ, ਬੀ.ਐਲ.ਏਜ਼ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ 07 ਜੂਨ ਨੂੰ ਆਪਣੇ-ਆਪਣੇ ਬੂਥਾਂ ’ਤੇ ਪਹੁੰਚ ਕੇ ਇਸ ਲੋਕਤੰਤਰੀ ਪ੍ਰਕਿਰਿਆ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਨੂੰ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ-2026 ਦੇ ਸੋਧੇ ਹੋਏ ਸ਼ਡਿਊਲ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੇ ਖਰੜੇ ਦਾ ਪ੍ਰਕਾਸ਼ਨ ਹੁਣ 31 ਜੁਲਾਈ ਦੀ ਬਜਾਏ 03 ਅਗਸਤ 2026 ਨੂੰ ਕੀਤਾ ਜਾਵੇਗਾ। ਇਸੇ ਤਰ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ 03 ਅਗਸਤ ਤੋਂ 02 ਸਤੰਬਰ 2026 ਤੱਕ ਰਹੇਗੀ, ਜਦਕਿ ਦਾਅਵਿਆਂ ਅਤੇ ਇਤਰਾਜ਼ਾਂ ਦੇ ਨੋਟਿਸ ਅਤੇ ਨਿਪਟਾਰੇ ਦੀ ਪ੍ਰਕਿਰਿਆ 03 ਅਗਸਤ ਤੋਂ 28 ਸਤੰਬਰ 2026 ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ ਬਾਕੀ ਸਾਰੀਆਂ ਗਤੀਵਿਧੀਆਂ ਪਹਿਲਾਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਹੀ ਜਾਰੀ ਰਹਿਣਗੀਆਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਤਰਲੋਚਨ ਸਿੰਘ, ਪ੍ਰਧਾਨ ਬੀ.ਜੇ.ਪੀ ਵਿਸ਼ਾਲ, ਆਦਮੀ ਪਾਰਟੀ ਤੋਂ ਵਿਸ਼ਾਲ, ਸੀ.ਪੀ.ਆਈ.(ਐਮ) ਤੋਂ ਮੁਹੰਮਦ ਹਲੀਮ, ਬੀ.ਐਸ.ਪੀ ਤੋਂ ਓਮ ਪ੍ਰਕਾਸ਼, ਕਾਂਗਰਸ ਤੋਂ ਮੁਹੰਮਦ ਤਾਰੀਰ ,ਚੋਣ ਤਹਿਸੀਲਦਾਰ ਬ੍ਰਿਜ ਮੋਹਨ, ਮਨਪ੍ਰੀਤ ਸਿੰਘ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਹੋਰ ਨੁਮਾਇੰਦੇ ਹਾਜ਼ਰ ਸਨ।

Leave a Reply

Your email address will not be published. Required fields are marked *