ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ, 7 ਜੁਲਾਈ ਨੂੰ ਹੋਵੇਗੀ ਕੈਬਨਿਟ ਮੀਟਿੰਗ


ਚੰਡੀਗੜ੍ਹ, 6 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਬੇਅਦਬੀ ਦੇ ਮੁੱਦੇ ‘ਤੇ ਸਖ਼ਤ ਕਾਨੂੰਨ ਬਣਾਉਣ ‘ਤੇ ਚਰਚਾ ਹੋਵੇਗੀ। ਇਜਲਾਸ ਲਈ ਨੋਟੀਫਿਕੇਸ਼ਨ ਵਿਧਾਨ ਸਭਾ ਵਲੋਂ ਜਾਰੀ ਕਰ ਦਿਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਬੰਧੀ ਇਕ ਕਾਪੀ ਸਰਕਾਰ ਦੇ ਸਾਰੇ ਸਬੰਧਤ ਵਿਭਾਗਾਂ ਨੂੰ ਵੀ ਭੇਜ ਦਿਤੀ ਗਈ ਹੈ।
ਇਸ ਤੋਂ ਪਹਿਲਾਂ ਸਰਕਾਰ ਵਲੋਂ 7 ਜੁਲਾਈ ਨੂੰ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਪੰਜਾਬ ਸਰਕਾਰ ਵਲੋਂ ਕੀਤੀ ਜਾਣ ਵਾਲੀ ਮੀਟਿੰਗ ‘ਚ ਬਦਲਾਅ ਕੀਤਾ ਗਿਆ ਹੈ ਦਰਅਸਲ ਹੁਣ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦਾ ਸਮਾਂ ਬਦਲ ਗਿਆ ਹੈ। ਮੀਟਿੰਗ ਹੁਣ ਭਲਕੇ (ਸੋਮਵਾਰ) ਸ਼ਾਮ 6 ਵਜੇ ਹੋਵੇਗੀ, ਜਦਕਿ ਇਹ ਮੀਟਿੰਗ ਪਹਿਲਾਂ ਸਵੇਰੇ 10:30 ਵਜੇ ਰੱਖੀ ਗਈ ਸੀ।
ਇਸ ਸਾਲ ਇਹ ਦੂਜਾ ਮੌਕਾ ਹੈ ਜਦੋਂ ਪੰਜਾਬ ਵਿਧਾਨ ਸਭਾ ਵਲੋਂ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ਵਿਚ, ਜਦੋਂ ਭਾਖੜਾ ਦੇ ਪਾਣੀ ਦੀ ਵੰਡ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਵਿਵਾਦ ਹੋਇਆ ਸੀ, ਤਾਂ ਸਰਕਾਰ ਨੇ ਪਹਿਲਾਂ 2 ਮਈ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਸ ਤੋਂ ਬਾਅਦ 5 ਮਈ ਨੂੰ ਇਕ ਵਿਸ਼ੇਸ਼ ਸੈਸ਼ਨ ਹੋਇਆ ਜਿਸ ਵਿਚ ਸਾਰਿਆਂ ਨੇ ਸਰਕਾਰ ਦੇ ਹੱਕ ਵਿਚ ਸਹਿਮਤੀ ਜਤਾਈ।
ਹੁਣ ਬੇਅਦਬੀ ਦੇ ਮੁੱਦੇ ‘ਤੇ ਸੈਸ਼ਨ ਬੁਲਾਇਆ ਜਾ ਰਿਹਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ, ਜਦੋਂ ਸੰਸਦ ਦਾ ਬਜਟ ਸੈਸ਼ਨ ਹੋਇਆ ਸੀ, ਤਾਂ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਸੀ ਕਿ ਇਸ ਸੰਬੰਧੀ ਇਕ ਸਖ਼ਤ ਕਾਨੂੰਨ ਬਣਾਇਆ ਜਾਵੇ।
