ਰਾਜ ਚੋਣ ਕਮਿਸ਼ਨ ਨੇ ਨਗਰ ਚੋਣਾਂ ਦਾ ਐਲਾਨ ਕੀਤਾ

ਰਾਜ ਚੋਣ ਕਮਿਸ਼ਨ ਨੇ ਨਗਰ ਚੋਣਾਂ ਦਾ...
ਚੰਡੀਗੜ੍ਹ : ਰਾਜ ਚੋਣ ਕਮਿਸ਼ਨ, ਪੰਜਾਬ ਨੇ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ ਮਮਦੋਟ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੋਣ ਵਾਲੇ ਖੇਤਰਾਂ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਪ੍ਰਭਾਵੀ ਰਹੇਗਾ।
ਜਾਰੀ ਸ਼ਡਿਊਲ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 22 ਜੂਨ 2026 ਤੋਂ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀ ਪੱਤਰ 25 ਜੂਨ ਸ਼ਾਮ 3 ਵਜੇ ਤੱਕ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀਆਂ ਦੀ ਜਾਂਚ 26 ਜੂਨ ਨੂੰ ਹੋਵੇਗੀ, ਜਦਕਿ ਨਾਮ ਵਾਪਸ ਲੈਣ ਦੀ ਆਖਰੀ ਮਿਤੀ 27 ਜੂਨ ਦੁਪਹਿਰ 3 ਵਜੇ ਤੱਕ ਨਿਰਧਾਰਤ ਕੀਤੀ ਗਈ ਹੈ।
ਕਮਿਸ਼ਨ ਅਨੁਸਾਰ ਇਨ੍ਹਾਂ ਚਾਰਾਂ ਸਥਾਨਕ ਸੰਸਥਾਵਾਂ ਲਈ 5 ਜੁਲਾਈ 2026 (ਐਤਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਵੋਟਿੰਗ ਈਵੀਐਮ ਰਾਹੀਂ ਕਰਵਾਈ ਜਾਵੇਗੀ ਅਤੇ ਵੋਟਾਂ ਦੀ ਗਿਣਤੀ ਵੋਟਿੰਗ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਉਸੇ ਦਿਨ ਸਬੰਧਤ ਪੋਲਿੰਗ ਸਟੇਸ਼ਨਾਂ ‘ਤੇ ਹੀ ਕੀਤੀ ਜਾਵੇਗੀ। ਰਾਜ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ।
