ਚੰਡੀਗੜ੍ਹ ‘ਚ ਸੁਖਨਾ ਝੀਲ ਦਾ ਪਾਣੀ ਪੱਧਰ ਵਧਿਆ, ਖ਼ਤਰੇ ਦੇ ਨਿਸ਼ਾਨ ਤੋਂ 1 ਫੁੱਟ ਹੇਠਾਂ ਪਹੁੰਚਿਆ ਪਾਣੀ ਦਾ ਪੱਧਰ


ਚੰਡੀਗੜ੍ਹ, 16 ਜੁਲਾਈ ( ਨਿਊਜ਼ ਟਾਊਨ ਨੈੱਟਵਰਕ ) ਬੁੱਧਵਾਰ ਸਵੇਰ ਤੋਂ ਚੰਡੀਗੜ੍ਹ ਵਿੱਚ ਹੋ ਰਹੀ ਭਾਰੀ ਬਾਰਿਸ਼ ਨੇ ਜਿੱਥੇ ਮੌਸਮ ਨੂੰ ਸੁਹਾਵਣਾ ਬਣਾ ਦਿੱਤਾ ਹੈ, ਉੱਥੇ ਹੀ ਸੁਖਨਾ ਝੀਲ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਇੱਕ ਫੁੱਟ ਹੇਠਾਂ ਹੈ। ਸਥਿਤੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ ਅਤੇ ਝੀਲ ਦੇ ਆਲੇ-ਦੁਆਲੇ ਨਿਗਰਾਨੀ ਵਧਾ ਦਿੱਤੀ ਗਈ ਹੈ।
ਦੂਜੇ ਪਾਸੇ, ਮੌਸਮ ਵਿਭਾਗ ਨੇ ਚੰਡੀਗੜ੍ਹ ਅਤੇ ਆਸ ਪਾਸ ਦੇ ਇਲਾਕਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਤੋਂ 48 ਘੰਟਿਆਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿ ਸਕਦੀ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸੰਭਾਵਨਾ ਹੈ।
ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਹੌਲੀ-ਹੌਲੀ ਵੱਧ ਰਿਹਾ ਹੈ ਅਤੇ ਹੁਣ ਇਹ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਇੱਕ ਫੁੱਟ ਹੇਠਾਂ ਹੈ। ਪ੍ਰਸ਼ਾਸਨ ਨੇ ਝੀਲ ਦੇ ਆਲੇ-ਦੁਆਲੇ ਦੇ ਖੇਤਰ ਨੂੰ ਬੈਰੀਕੇਡ ਕਰ ਦਿੱਤਾ ਹੈ ਅਤੇ ਆਮ ਲੋਕਾਂ ਨੂੰ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਜੇਕਰ ਅਗਲੇ ਕੁਝ ਦਿਨਾਂ ਵਿੱਚ ਹੋਰ ਭਾਰੀ ਬਾਰਿਸ਼ ਹੁੰਦੀ ਹੈ ਤਾਂ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ, ਅਜਿਹੀ ਸਥਿਤੀ ਵਿੱਚ ਪ੍ਰਸ਼ਾਸਨ ਫਲੱਡ ਗੇਟ ਖੋਲ੍ਹਣ ਦਾ ਫੈਸਲਾ ਵੀ ਕਰ ਸਕਦ ਹੈ।
ਮੌਸਮ ਵਿਭਾਗ ਦੇ ਮੁਤਾਬਿਕ ਵੀਰਵਾਰ (17 ਜੁਲਾਈ) ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ ਸ਼ੁੱਕਰਵਾਰ (18 ਜੁਲਾਈ) ਨੂੰ ਸਵੇਰੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।
