ਐਸਵਾਈਐਲ ਵਿਵਾਦ: ਕੇਂਦਰ ਨੇ ਪੰਜਾਬ-ਹਰਿਆਣਾ ਨੂੰ ਗੱਲਬਾਤ ਲਈ ਦਿੱਲੀ ਸੱਦਿਆ


– ਮੁੱਖ ਮੰਤਰੀ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੂੰ ਲਿਖਿਆ ਪੱਤਰ
(ਨਿਊਜ਼ ਟਾਊਨ ਨੈਟਵਰਕ)
ਚੰਡੀਗੜ੍ਹ, 27 ਜੂਨ : ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਦਹਾਕਿਆਂ ਪੁਰਾਣੇ ਪਾਣੀ ਦੀ ਵੰਡ ਵਿਵਾਦ ਨੂੰ ਹੱਲ ਕਰਨ ਦੀਆਂ ਕੋਸ਼ਿਸ਼ਾਂ ਦੇ ਤਹਿਤ ਕੇਂਦਰ ਸਰਕਾਰ ਨੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਨੂੰ ਗੱਲਬਾਤ ਲਈ ਦਿੱਲੀ ਬੁਲਾਇਆ ਹੈ। ਕੇਂਦਰੀ ਜਲ ਸ਼ਕਤੀ ਮੰਤਰਾਲੇ ਨੇ ਇਸ ਸਬੰਧ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਕ ਪੱਤਰ ਲਿਖਿਆ ਹੈ। ਇਹ ਗੱਲਬਾਤ 10 ਜੁਲਾਈ ਦੇ ਆਸਪਾਸ ਦਿੱਲੀ ਵਿਚ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਪਹਿਲਾ ਮਈ ਵਿਚ ਸੁਪਰੀਮ ਕੋਰਟ ਨੇ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਨੂੰ ਇਸ ਮਾਮਲੇ ਨੂੰ ਹੱਲ ਕਰਨ ਲਈ ਕੇਂਦਰ ਨਾਲ ਸਹਿਯੋਗ ਕਰਨ ਦਾ ਨਿਰਦੇਸ਼ ਦਿਤਾ ਸੀ। ਸੁਪਰੀਮ ਕੋਰਟ ਨੇ ਜਲ ਸ਼ਕਤੀ ਮੰਤਰੀ ਨੂੰ ਇਸ ਮਾਮਲੇ ਵਿਚ ਮੁੱਖ ਵਿਚੋਲਾ ਨਿਯੁਕਤ ਕੀਤਾ ਸੀ।
ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨੇ ਪੁਸ਼ਟੀ ਕੀਤੀ ਕਿ ਵਿਵਾਦ ਨੂੰ ਹੱਲ ਕਰਨ ਲਈ ਯਤਨ ਜਾਰੀ ਹਨ। ਪਾਟਿਲ ਨੇ ਕਿਹਾ, ‘ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਕੁਝ ਆਦੇਸ਼ ਜਾਰੀ ਕੀਤੇ ਹਨ ਅਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ, ਅਸੀਂ ਐਸਵਾਈਐਲ ਮੁੱਦੇ ਨੂੰ ਹੱਲ ਕਰਨ ਵੱਲ ਅੱਗੇ ਵਧਾਂਗੇ।’ਅਗਸਤ ਵਿਚ ਇਸ ਮਾਮਲੇ ‘ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ।