ਜੈਪੁਰ ਹਵਾਈ ਅੱਡਾ ਅਤੇ ਮੁੱਖ ਮੰਤਰੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ


(ਨਿਊਜ਼ ਟਾਊਨ ਨੈਟਵਰਕ)
ਜੈਪੁਰ, 26 ਜੁਲਾਈ : ਰਾਜਸਥਾਨ ਦੀ ਰਾਜਧਾਨੀ ਜੈਪੁਰ ‘ਚ ਅੱਜ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਹਵਾਈ ਅੱਡਾ ਪ੍ਰਸ਼ਾਸਨ ਨੂੰ ਇਕ ਧਮਕੀ ਭਰਿਆ ਈ-ਮੇਲ ਮਿਲਿਆ। ਇਸ ਈ-ਮੇਲ ਵਿਚ ਜੈਪੁਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਦਫ਼ਤਰ ਨੂੰ ਇਕ ਜਾਂ ਦੋ ਘੰਟਿਆਂ ਵਿੱਚ ਨਿਸ਼ਾਨਾ ਬਣਾਉਣ ਦੀ ਧਮਕੀ ਵੀ ਦਿਤੀ ਗਈ ਸੀ। ਈ-ਮੇਲ ਮਿਲਦੇ ਹੀ ਸੁਰੱਖਿਆ ਏਜੰਸੀਆਂ ਹਰਕਤ ਵਿਚ ਆ ਗਈਆਂ ਅਤੇ ਹਵਾਈ ਅੱਡੇ ਦੇ ਅਹਾਤੇ ਵਿੱਚ ਇੱਕ ਤੀਬਰ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ ਗਈ। ਧਮਕੀ ਭਰੀ ਈ-ਮੇਲ ਮਿਲਦੇ ਹੀ ਸੀਆਈਐਸਐਫ ਨੇ ਹਵਾਈ ਅੱਡੇ ਦੀ ਸੁਰੱਖਿਆ ਨੂੰ ਹਾਈ ਅਲਰਟ ‘ਤੇ ਰੱਖਦੇ ਹੋਏ ਇਕ ਸਰਚ ਮੁਹਿੰਮ ਸ਼ੁਰੂ ਕਰ ਦਿਤੀ। ਹਵਾਈ ਅੱਡੇ ਦੇ ਟਰਮੀਨਲ, ਐਪਰਨ ਖੇਤਰ, ਪਾਰਕਿੰਗ ਸਥਾਨ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਹੁਣ ਤਕ ਕੋਈ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ ਹੈ। ਹਵਾਈ ਅੱਡੇ ‘ਤੇ ਯਾਤਰੀਆਂ ਦੀ ਆਵਾਜਾਈ ਆਮ ਹੈ ਪਰ ਵਾਧੂ ਜਾਂਚ ਅਤੇ ਨਿਗਰਾਨੀ ਕੀਤੀ ਜਾ ਰਹੀ ਹੈ। ਈ-ਮੇਲ ਵਿਚ ਨਾ ਸਿਰਫ਼ ਹਵਾਈ ਅੱਡੇ ਨੂੰ ਸਗੋਂ ਮੁੱਖ ਮੰਤਰੀ ਦਫ਼ਤਰ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿਤੀ ਗਈ ਸੀ। ਮੇਲ ਵਿਚ ਸਾਫ਼ ਲਿਖਿਆ ਸੀ ਕਿ ਇਕ ਜਾਂ ਦੋ ਘੰਟਿਆਂ ਵਿਚ ਮੁੱਖ ਮੰਤਰੀ ਦਫ਼ਤਰ ਨੂੰ ਵੀ ਉਡਾ ਦਿਤਾ ਜਾਵੇਗਾ। ਇਸ ਤੋਂ ਬਾਅਦ ਪੁਲਿਸ ਅਤੇ ਖ਼ੁਫ਼ੀਆ ਏਜੰਸੀਆਂ ਨੇ ਸੀ.ਐਮ.ਓ. ਅਤੇ ਇਸਦੇ ਆਲੇ ਦੁਆਲੇ ਦੇ ਇਲਾਕਿਆਂ ਦੀ ਸੁਰੱਖਿਆ ਵਧਾ ਦਿਤੀ ਹੈ। ਸਾਰੀਆਂ ਸ਼ੱਕੀ ਗਤੀਵਿਧੀਆਂ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਜ਼ਿਕਰਯਯੋਗ ਹੈ ਕਿ 2025 ਵਿਚ ਹੁਣ ਤਕ ਬੰਬ ਧਮਾਕੇ ਦੀ 16ਵੀਂ ਧਮਕੀ ਹੈ। ਸਿਰਫ਼ ਮਈ ਮਹੀਨੇ ਵਿਚ ਹੀ ਜੈਪੁਰ ਦੇ ਸਵਾਈ ਮਾਨ ਸਿੰਘ ਸਟੇਡੀਅਮ ਨੂੰ ਚਾਰ ਵਾਰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸਕੂਲਾਂ, ਹਸਪਤਾਲਾਂ, ਹੋਟਲਾਂ, ਮੈਟਰੋ ਸਟੇਸ਼ਨਾਂ ਅਤੇ ਅਦਾਲਤਾਂ ਨੂੰ ਵੀ ਕਈ ਵਾਰ ਧਮਕੀਆਂ ਮਿਲੀਆਂ ਹਨ। ਇਨ੍ਹਾਂ ਵਿਚੋਂ ਜ਼ਿਆਦਾਤਰ ਧਮਕੀਆਂ ਝੂਠੀਆਂ ਸਾਬਤ ਹੋਈਆਂ ਹਨ ਪਰ ਹਰ ਵਾਰ ਸੁਰੱਖਿਆ ਏਜੰਸੀਆਂ ਨੂੰ ਪੂਰੇ ਸਰੋਤਾਂ ਨਾਲ ਚੌਕਸ ਰਹਿਣਾ ਪਿਆ ਹੈ।