ਦਰਬਾਰ ਸਾਹਿਬ ਬਾਰੇ ਧਮਕੀ ਭਰੀਆਂ ਈਮੇਲਾਂ ਚਿੰਤਾ ਦਾ ਵਿਸ਼ਾ : ਧਾਮੀ

0
SGPC-1752664196183

ਕਿਹਾ, ਈਮੇਲਾਂ ਭੇਜਣ ਵਾਲੇ ਸਾਜ਼ਿਸ਼ਕਰਤਾ ਦਾ ਤੁਰੰਤ ਪਤਾ ਲਗਾਏ ਸਰਕਾਰ

ਅੰਮ੍ਰਿਤਸਰ, 16 ਜੁਲਾਈ (ਮੋਹਕਮ ਸਿੰਘ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਕੇਂਦਰ ਹੈ, ਜਿਥੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਰੋਜ਼ਾਨਾ ਨਤਮਸਤਕ ਹੁੰਦੀਆਂ ਹਨ। ਇਸ ਅਸਥਾਨ ’ਤੇ ਧਮਾਕੇ ਕਰਨ ਦੀਆਂ ਧਮਕੀਆਂ ਸਬੰਧੀ ਲਗਾਤਾਰ ਆ ਰਹੀਆਂ ਈਮੇਲਾਂ ਗਹਿਰੀ ਚਿੰਤਾ ਦਾ ਵਿਸ਼ਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੀ 14 ਜੁਲਾਈ ਤੋਂ ਲਗਾਤਾਰ ਈਮੇਲਾਂ ਆ ਰਹੀਆਂ ਹਨ, ਜਿਸ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰੰਤੂ ਦੁੱਖ ਦੀ ਗੱਲ ਹੈ ਕਿ ਅਜੇ ਤੀਕ ਇਹ ਈਮੇਲਾਂ ਭੇਜਣ ਵਾਲੇ ਦਾ ਕੋਈ ਪਤਾ ਨਹੀਂ ਲੱਗ ਸਕਿਆ।

ਉਨ੍ਹਾਂ ਕਿਹਾ ਕਿ ਇਹ ਵੱਡਾ ਸਵਾਲ ਹੈ ਕਿ ਆ ਰਹੀਆਂ ਈਮੇਲਾਂ ਕੇਵਲ ਕਿਸੇ ਸ਼ੈਤਾਨੀ ਦਿਮਾਗ ਦੀ ਸ਼ਰਾਰਤ ਹੈ ਜਾਂ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ। ਉਨ੍ਹਾਂ ਕਿਹਾ ਕਿ ਕਿਤੇ ਸਰਬਸਾਂਝੀਵਾਲਤਾ ਦੇ ਇਸ ਪਾਵਨ ਕੇਂਦਰ ਵਿਖੇ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਆਉਂਦੀਆਂ ਸੰਗਤਾਂ ਦੇ ਅੰਦਰ ਡਰ ਪੈਦਾ ਕਰਨ ਦੀ ਕੋਸ਼ਿਸ਼ ਤਾਂ ਨਹੀਂ ਕੀਤੀ ਜਾ ਰਹੀ, ਇਹ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਜ਼ੁੰਮੇਵਾਰੀ ਹੈ ਕਿ ਉਹ ਤੁਰੰਤ ਇਹ ਪਤਾ ਲਗਾਏ ਕਿ ਇਹ ਈਮੇਲਾਂ ਕਿਸ ਥਾਂ ਤੋਂ ਆ ਰਹੀਆਂ ਹਨ ਅਤੇ ਇਸ ਲਈ ਕਿਸ ਸਰਵਰ, ਆਈਪੀ ਐਡਰੈਸ ਤੇ ਦੇਸ਼ ਦੀ ਵਰਤੋਂ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ 15 ਅਤੇ 16 ਜੁਲਾਈ ਨੂੰ ਆਈਆਂ ਈਮੇਲਾਂ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਵੀ ਭੇਜੀਆਂ ਗਈਆਂ ਹਨ, ਪਰੰਤੂ ਉਨ੍ਹਾਂ ਵੱਲੋਂ ਇਸ ’ਤੇ ਚੁੱਪੀ ਸਵਾਲ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਹੈਰਾਨੀਜਨਕ ਗੱਲ ਇਹ ਹੈ ਕਿ ਇਹ ਈਮੇਲਾਂ ਅਹਿਮ ਸ਼ਖ਼ਸੀਅਤਾਂ ਦੇ ਨਾਵਾਂ ਦੀ ਦੁਰਵਰਤੋਂ ਕਰਕੇ ਭੇਜੀਆਂ ਜਾ ਰਹੀਆਂ ਹਨ, ਪਰ ਸਰਕਾਰ ਵੱਲੋਂ ਅਜੇ ਤੀਕ ਕੁਝ ਵੀ ਪਤਾ ਨਹੀਂ ਲਗਾਇਆ ਜਾ ਸਕਿਆ ਕਿ ਇਸ ਪਿੱਛੇ ਕਿਹੜੀ ਸ਼ਕਤੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਨਾਂ ’ਤੇ ਬਣਾਏ ਗਏ ਸੋਸ਼ਲ ਮੀਡੀਆ ’ਤੇ ਜਾਅਲੀ ਖ਼ਾਤਿਆਂ ਬਾਰੇ ਪਹਿਲਾਂ ਵੀ ਕਈ ਵਾਰ ਪੰਜਾਬ ਪੁਲਿਸ ਨੂੰ ਸ਼ਿਕਾਇਤਾਂ ਕੀਤੀਆਂ ਹਨ, ਪਰੰਤੂ ਸਾਈਬਰ ਸੈੱਲ ਵੱਲੋਂ ਕੋਈ ਪੁਖ਼ਤਾ ਕਾਰਵਾਈ ਨਹੀਂ ਕੀਤੀ ਗਈ ਜੋ ਕਿ ਇਹ ਦਰਸਾਉਂਦਾ ਹੈ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਸਿੱਖ ਸੰਸਥਾ ਦੇ ਸਰੋਕਾਰਾਂ ਪ੍ਰਤੀ ਸੰਜੀਦਾ ਪਹੁੰਚ ਨਹੀਂ ਰੱਖਦੀਆਂ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੂਰੀ ਸੁਹਿਰਦਤਾ ਨਾਲ ਆਪਣੀ ਜ਼ੁੰਮੇਵਾਰੀ ਨਿਭਾਅ ਰਹੀ ਹੈ ਅਤੇ ਪ੍ਰਬੰਧਕਾਂ ਵੱਲੋਂ ਪੂਰੀ ਮੁਸਤੈਦੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਸਮੂਹ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਸਮੇਂ ਕਿਸੇ ਤਰ੍ਹਾਂ ਦਾ ਵੀ ਡਰ ਨਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸੰਗਤਾਂ ਹਮੇਸ਼ਾ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਪੁੱਜ ਰਹੀਆਂ ਹਨ।

ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਸਬੰਧੀ ਬਣਾਏ ਜਾ ਰਹੇ ਕਾਨੂੰਨ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਚੰਗਾ ਉਪਰਾਲਾ ਹੈ, ਜਿਸ ਪ੍ਰਤੀ ਸਰਕਾਰ ਨੂੰ ਸੰਜੀਦਾ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੇਅਦਬੀਆਂ ’ਤੇ ਕਾਨੂੰਨ ਬਨਾਉਣ ਦਾ ਮਾਮਲਾ ਪਹਿਲੀ ਵਾਰ ਨਹੀਂ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਵੀ ਇਸ ’ਤੇ ਚਰਚਾ ਕੀਤੀ ਹੈ, ਜਿਸ ਨੂੰ ਅਗਾਂਹ ਵਧਾਇਆ ਜਾਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਜ਼ਿਆਦਾਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਹਨ, ਪਰੰਤੂ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਵਿਚ ਕੇਵਲ ਪਵਿੱਤਰ ਗ੍ਰੰਥ ਲਿਖਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ, ਜੋ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਸਭ ਧਰਮਾਂ ਦੇ ਗ੍ਰੰਥ ਸਤਿਕਾਰਤ ਹਨ, ਲੇਕਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਸਾਹਿਬ ਨੇ ਆਪ ਗੁਰਤਾਗੱਦੀ ਸੌਂਪੀ ਹੈ। ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਾਗਤ-ਜੋਤਿ ਗੁਰੂ ਮੰਨਦੇ ਹਨ, ਇਸ ਲਈ ਬਣਾਏ ਜਾਣ ਵਾਲੇ ਕਾਨੂੰਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਵਿਸ਼ੇਸ਼ ਵਿਧਾਨ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸਿੱਖ ਗੁਰੂ ਸਾਹਿਬਾਨ ਤੋਂ ਇਲਾਵਾ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਤ ਭਗਤਾਂ, ਭੱਟਾਂ ਅਤੇ ਗੁਰਸਿੱਖਾਂ ਦੀ ਬਾਣੀ ਵੀ ਅੰਕਿਤ ਹੈ, ਜੋ ਮਨੁੱਖਤਾ ਨੂੰ ਸਰਬਸਾਂਝਾ ਉਪਦੇਸ਼ ਦਿੰਦੀ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਸਿੱਖ ਵਿਦਵਾਨ ਡਾ. ਅਮਰਜੀਤ ਸਿੰਘ ਆਦਿ ਮੌਜੂਦ ਸਨ।

Leave a Reply

Your email address will not be published. Required fields are marked *