ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ‘ਚ ਪੇਸ਼ ਕੀਤੇ 3 ਅਹਿਮ ਬਿੱਲ

0
WhatsApp Image 2025-08-20 at 3.57.01 PM

ਨਵੀਂ ਦਿੱਲੀ, 20 ਅਗਸਤ (ਨਿਊਜ਼ ਟਾਊਨ ਨੈਟਵਰਕ) :

ਕੇਂਦਰ ਸਰਕਾਰ ਇਕ ਕਾਨੂੰਨ ਬਣਾਉਣ ਜਾ ਰਹੀ ਹੈ ਜਿਸ ਨਾਲ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀ, ਮੁੱਖ ਮੰਤਰੀ ਜਾਂ ਮੰਤਰੀ ਨੂੰ ਕਿਸੇ ਗੰਭੀਰ ਅਪਰਾਧਿਕ ਮਾਮਲੇ ਵਿਚ ਗ੍ਰਿਫ਼ਤਾਰ ਕਰਨ ‘ਤੇ ਅਹੁਦੇ ਤੋਂ ਹਟਾਇਆ ਜਾ ਸਕੇ। ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਲੋਕ ਸਭਾ ਵਿਚ 3 ਬਿੱਲ ਪੇਸ਼ ਕੀਤੇ। ਤਿੰਨਾਂ ਬਿਲਾਂ ਵਿਰੁਧ ਲੋਕ ਸਭਾ ਵਿਚ ਕਾਫ਼ੀ ਹੰਗਾਮਾ ਹੋਇਆ। ਵਿਰੋਧੀ ਧਿਰ ਨੇ ਤਿੰਨਾਂ ਬਿਲਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਕਾਂਗਰਸ ਅਤੇ ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਨੇ ਵਿਰੋਧ ਕੀਤਾ। ਸਪਾ ਨੇ ਬਿਲਾਂ ਨੂੰ ਨਿਆਂ ਵਿਰੋਧੀ, ਸੰਵਿਧਾਨ ਵਿਰੋਧੀ ਦੱਸਿਆ। ਇਸ ‘ਤੇ ਸ਼ਾਹ ਨੇ ਬਿਲਾਂ ਨੂੰ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਕੋਲ ਭੇਜਣ ਦੀ ਮੰਗ ਕੀਤੀ। ਇਨ੍ਹਾਂ ਬਿਲਾਂ ਵਿਚ ਇਹ ਵਿਵਸਥਾ ਹੈ ਕਿ ਜੇਕਰ ਪ੍ਰਧਾਨ ਮੰਤਰੀ, ਮੁੱਖ ਮੰਤਰੀ ਜਾਂ ਮੰਤਰੀ ਨੂੰ ਅਜਿਹੇ ਗੰਭੀਰ ਅਪਰਾਧਾਂ ਵਿਚ ਗ੍ਰਿਫ਼ਤਾਰ ਕੀਤਾ ਜਾਂਦਾ ਹੈ, ਜਿਸ ਕਾਰਨ ਘਟੋ-ਘੱਟ 5 ਸਾਲ ਦੀ ਕੈਦ ਹੋ ਸਕਦੀ ਹੈ ਅਤੇ ਉਨ੍ਹਾਂ ਨੂੰ ਲਗਾਤਾਰ 30 ਦਿਨਾਂ ਤਕ ਹਿਰਾਸਤ ਵਿਚ ਰੱਖਿਆ ਜਾਂਦਾ ਹੈ, ਤਾਂ ਉਨ੍ਹਾਂ ਨੂੰ 31ਵੇਂ ਦਿਨ ਅਹੁਦੇ ਤੋਂ ਹਟਾ ਦਿਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ 6 ਮਹੀਨੇ ਹਿਰਾਸਤ ਅਤੇ ਜੇਲ੍ਹ ਵਿਚ ਰਹਿਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿਤਾ ਅਤੇ ਤਾਮਿਲਨਾਡੂ ਦੇ ਮੰਤਰੀ ਵੀ ਸੇਂਥਿਲ ਬਾਲਾਜੀ ਨੇ 241 ਦਿਨ ਹਿਰਾਸਤ ਅਤੇ ਜੇਲ੍ਹ ਵਿਚ ਰਹਿਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿਤਾ। ਕੇਜਰੀਵਾਲ ਪਹਿਲੇ ਮੁੱਖ ਮੰਤਰੀ ਸਨ ਜਿਨ੍ਹਾਂ ਨੂੰ ਅਹੁਦੇ ‘ਤੇ ਰਹਿੰਦਿਆਂ ਗ੍ਰਿਫ਼ਤਾਰ ਕੀਤਾ ਗਿਆ ਸੀ।

1. ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਸਰਕਾਰ (ਸੋਧ) ਬਿੱਲ 2025

ਕੇਂਦਰ ਸਰਕਾਰ ਦੇ ਅਨੁਸਾਰ ਇਸ ਸਮੇਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਸਰਕਾਰ ਐਕਟ 1963 (1963 ਦਾ 20) ਦੇ ਤਹਿਤ ਗੰਭੀਰ ਅਪਰਾਧਿਕ ਦੋਸ਼ਾਂ ਕਾਰਨ ਗ੍ਰਿਫ਼ਤਾਰ ਅਤੇ ਨਜ਼ਰਬੰਦ ਕੀਤੇ ਗਏ ਮੁੱਖ ਮੰਤਰੀ ਜਾਂ ਮੰਤਰੀ ਨੂੰ ਹਟਾਉਣ ਦਾ ਕੋਈ ਪ੍ਰਬੰਧ ਨਹੀਂ ਹੈ। ਇਸ ਲਈ ਅਜਿਹੇ ਮਾਮਲਿਆਂ ਵਿਚ ਮੁੱਖ ਮੰਤਰੀ ਜਾਂ ਮੰਤਰੀ ਨੂੰ ਹਟਾਉਣ ਲਈ ਇਕ ਕਾਨੂੰਨੀ ਢਾਂਚਾ ਬਣਾਉਣ ਲਈ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਸਰਕਾਰ ਐਕਟ 1963 ਦੀ ਧਾਰਾ 45 ਵਿਚ ਸੋਧ ਕਰਨ ਦੀ ਜ਼ਰੂਰਤ ਹੈ।

2. 130ਵਾਂ ਸੰਵਿਧਾਨ ਸੋਧ ਬਿੱਲ 2025

ਕੇਂਦਰ ਨੇ ਇਸ ਬਿੱਲ ਬਾਰੇ ਕਿਹਾ ਕਿ ਸੰਵਿਧਾਨ ਵਿਚ ਅਜਿਹੇ ਮੰਤਰੀ ਨੂੰ ਹਟਾਉਣ ਦਾ ਕੋਈ ਪ੍ਰਬੰਧ ਨਹੀਂ ਹੈ ਜਿਸਨੂੰ ਗੰਭੀਰ ਅਪਰਾਧਿਕ ਦੋਸ਼ਾਂ ਕਾਰਨ ਗ੍ਰਿਫ਼ਤਾਰ ਅਤੇ ਨਜ਼ਰਬੰਦ ਕੀਤਾ ਗਿਆ ਹੋਵੇ।

ਇਸ ਲਈ ਅਜਿਹੇ ਮਾਮਲਿਆਂ ਵਿਚ ਪ੍ਰਧਾਨ ਮੰਤਰੀ ਜਾਂ ਕੇਂਦਰੀ ਮੰਤਰੀ ਪ੍ਰੀਸ਼ਦ ਦੇ ਕਿਸੇ ਵੀ ਮੰਤਰੀ ਅਤੇ ਮੁੱਖ ਮੰਤਰੀ ਜਾਂ ਰਾਜਾਂ ਜਾਂ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਦੇ ਮੰਤਰੀ ਪ੍ਰੀਸ਼ਦ ਦੇ ਕਿਸੇ ਵੀ ਮੰਤਰੀ ਨੂੰ ਹਟਾਉਣ ਲਈ ਇਕ ਕਾਨੂੰਨੀ ਢਾਂਚਾ ਬਣਾਉਣ ਲਈ ਸੰਵਿਧਾਨ ਦੇ ਅਨੁਛੇਦ 75, 164 ਅਤੇ 239AA ਵਿਚ ਸੋਧ ਕਰਨ ਦੀ ਜ਼ਰੂਰਤ ਹੈ।

3. ਜੰਮੂ ਅਤੇ ਕਸ਼ਮੀਰ ਪੁਨਰਗਠਨ (ਸੋਧ) ਬਿੱਲ 2025

ਜੰਮੂ ਅਤੇ ਕਸ਼ਮੀਰ ਪੁਨਰਗਠਨ ਐਕਟ 2019 (2019 ਦਾ 34) ਦੇ ਤਹਿਤ ਗੰਭੀਰ ਅਪਰਾਧਿਕ ਦੋਸ਼ਾਂ ਕਾਰਨ ਗ੍ਰਿਫਤਾਰ ਅਤੇ ਹਿਰਾਸਤ ਵਿਚ ਲਏ ਗਏ ਮੁੱਖ ਮੰਤਰੀ ਜਾਂ ਮੰਤਰੀ ਨੂੰ ਹਟਾਉਣ ਦਾ ਕੋਈ ਪ੍ਰਬੰਧ ਨਹੀਂ ਹੈ। ਜੰਮੂ ਅਤੇ ਕਸ਼ਮੀਰ ਪੁਨਰਗਠਨ ਐਕਟ 2019 ਦੀ ਧਾਰਾ 54 ਵਿਚ ਸੋਧ ਤੋਂ ਬਾਅਦ 30 ਦਿਨਾਂ ਦੇ ਅੰਦਰ ਗੰਭੀਰ ਅਪਰਾਧਿਕ ਮਾਮਲੇ ਵਿਚ ਗ੍ਰਿਫਤਾਰ ਅਤੇ ਹਿਰਾਸਤ ਵਿਚ ਲਏ ਗਏ ਮੁੱਖ ਮੰਤਰੀ ਜਾਂ ਮੰਤਰੀ ਨੂੰ ਹਟਾਉਣ ਦਾ ਪ੍ਰਬੰਧ ਹੋਵੇਗਾ।

Leave a Reply

Your email address will not be published. Required fields are marked *