ਵੱਖ-ਵੱਖ ਜਥੇਬੰਦੀਆਂ ਨੇ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਅੱਗੇ ਕੀਤਾ ਰੋਸ ਪ੍ਰਦਰਸ਼ਨ

0
IMG-20260222-WA0020

ਬਰਨਾਲਾ, 23 ਫਰਵਰੀ (ਰਾਈਆ) : ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ-ਮਜ਼ਦੂਰ ਜਥੇਬੰਦੀਆਂ, ਪੈਨਸ਼ਨਰਾਂ, ਠੇਕਾ ਮੁਲਾਜ਼ਮ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਅਧਾਰਿਤ ਸਾਂਝੇ ਮੋਰਚੇ ਵੱਲੋਂ ਬੀ.ਜੇ.ਪੀ ਪਾਰਟੀ ਦੇ ਆਗੂ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਦਾ ਘਿਰਾਓ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਧਰਨੇ ਨੂੰ ਬੀਕੇਯੂ (ਏਕਤਾ) ਉਗਰਾਹਾਂ ਬਲਦੇਵ ਸਿੰਘ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਕਾਮਰੇਡ ਗੁਰਪ੍ਰੀਤ ਰੂੜੇਕੇ, ਬੀਕੇਯੂ ਡਕੌਂਦਾ ਧਨੇਰ ਦੇ ਸੂਬਾ ਆਗੂ ਮਨਜੀਤ ਸਿੰਘ ਧਨੇਰ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਆਗੂ ਸੁਕਿੰਦਰ ਸਿੰਘ ਭੂਰੇ, ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਬੁੱਟਰ) ਦੇ ਆਗੂ ਮਨਜੀਤ ਰਾਜ ਬਰਨਾਲਾ, ਬਲਾਕ ਪ੍ਰਧਾਨ ਗੁਰਚਰਨ ਸਿੰਘ ਭਦੌੜ, ਬੀਕੇਯੂ ਡਕੌਂਦਾ ਧਨੇਰ ਦੇ ਆਗੂ ਬਾਬੂ ਸਿੰਘ ਖੁੱਡੀ ਕਲਾਂ, ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਖੁਸ਼ੀਆਂ ਸਿੰਘ, ਬੀਕੇਯੂ ਉਗਰਾਹਾਂ ਰੂਪ ਸਿੰਘ ਛੰਨਾਂ ਅਤੇ ਮਹਿਮਾਂ ਸਿੰਘ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਮੋਦੀ ਸਰਕਾਰ ਧੜਾਧੜ ਲੋਕ ਵਿਰੋਧੀ ਕਾਨੂੰਨ ਪਾਸ ਕਰ ਰਹੀ ਹੈ, ਜਿਸ ਨਾਲ ਮਜ਼ਦੂਰਾਂ-ਕਿਸਾਨਾਂ ਦੀ ਆਰਥਿਕ ਲੁੱਟ ਹੋਰ ਵਧੇਗੀ ਅਤੇ ਇਸਦਾ ਫਾਇਦਾ ਵੱਡੇ ਪੂੰਜੀਪਤੀਆਂ ਅਤੇ ਕਾਰਪੋਰੇਟਾਂ ਨੂੰ ਹੋਵੇਗਾ। ਮੋਦੀ ਸਰਕਾਰ ਵੱਲੋਂ 20 ਸਾਲ ਪੁਰਾਣਾ ਮਨਰੇਗਾ ਕਾਨੂੰਨ ਖ਼ਤਮ ਕਰਕੇ ਗ਼ਰੀਬ ਮਜ਼ਦੂਰਾਂ ਨੂੰ ਬੇਰੁਜ਼ਗਾਰੀ ਦੀ ਚੱਕੀ ਵਿੱਚ ਪਿਸਣ ਲਈ ਮਜਬੂਰ ਕਰ ਦਿੱਤਾ ਹੈ, ਜਿਸ ਨਾਲ ਮਜ਼ਦੂਰਾਂ ਦੇ ਚੁੱਲ੍ਹੇ ਠੰਢੇ ਹੋ ਜਾਣਗੇ। ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਲਾਗੂ ਕਰਕੇ ਅਤੇ ਅੱਠ ਘੰਟੇ ਦਿਹਾੜੀ ਦੀ ਥਾਂ ਬਾਰਾਂ ਘੰਟੇ ਦਿਹਾੜੀ ਕਰਨ ਨਾਲ ਮਜ਼ਦੂਰਾਂ, ਮੁਲਾਜ਼ਮਾਂ ਦੀ ਆਰਥਿਕ ਲੁੱਟ ਤਿੱਖੀ ਹੋਵੇਗੀ ਅਤੇ ਸਰਮਾਏਦਾਰਾਂ ਨੂੰ ਸਿੱਧਾ ਫਾਇਦਾ ਹੋਵੇਗਾ। ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਜੋ ਨਵਾਂ ਵਪਾਰਕ ਸਮਝੌਤਾ ਕੀਤਾ ਗਿਆ ਹੈ, ਉਹ ਵੀ ਪੂਰੀ ਤਰ੍ਹਾਂ ਭਾਰਤ ਦੇ ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਦੇ ਖ਼ਿਲਾਫ਼ ਹੈ ਅਤੇ ਇਸਦਾ ਫਾਇਦਾ ਵੀ ਵਿਦੇਸ਼ੀ ਕੰਪਨੀਆਂ ਅਤੇ ਵੱਡੇ ਕਾਰਪੋਰੇਟਾਂ ਨੂੰ ਹੋਵੇਗਾ। ਇਸ ਸਮਝੌਤੇ ਨਾਲ ਭਾਰਤ ਵਿੱਚ ਸੋਇਆਬੀਨ, ਕਪਾਹ, ਫਲ, ਦਾਲਾਂ, ਸਬਜ਼ੀਆਂ ਅਤੇ ਜਵਾਰ ਆਦਿ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦਾ ਹਰ ਤਰੀਕੇ ਨਾਲ ਸ਼ੋਸ਼ਣ ਵਧੇਗਾ ਅਤੇ ਦੇਸ਼ ਦੇ ਮੰਡੀਕਰਣ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗਾ। ਮੋਦੀ ਸਰਕਾਰ ਬਿਜਲੀ ਸੋਧ ਬਿਲ ਐਕਟ-2025 ਅਤੇ ਸੀਡ ਬਿਲ ਦੇ ਰਾਹੀਂ ਇਹਨਾਂ ਵੱਡੇ ਖੇਤਰਾਂ ਨੂੰ ਕਾਰਪੋਰੇਟਾਂ ਦੇ ਹੱਥਾਂ ਵਿੱਚ ਦੇਣ ਜਾ ਰਹੀ ਹੈ, ਜਿਸ ਨਾਲ ਬਿਜਲੀ ਪ੍ਰਾਈਵੇਟ ਹੋ ਜਾਵੇਗੀ ਅਤੇ ਗ਼ਰੀਬ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬੰਦ ਹੋ ਜਾਣਗੀਆਂ। ਗ਼ਰੀਬੀ, ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਨਾਲ ਦੇਸ਼ ਦਾ ਹਰ ਨਾਗਰਿਕ ਪਹਿਲਾਂ ਹੀ ਬੁਰੀ ਤਰ੍ਹਾਂ ਪੀੜਤ ਹੈ। ਇਸੇ ਕਰਕੇ ਮਜ਼ਦੂਰ ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਅੱਜ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਪੰਜਾਬ ਭਰ ਵਿੱਚ ਬੀਜੇਪੀ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਘਰਾਂ ਅੱਗੇ ਰੋਸ਼ ਧਰਨੇ ਦਿੱਤੇ ਜਾ ਰਹੇ ਹਨ। ਆਗੂਆਂ ਨੇ ਮੰਗ ਕੀਤੀ ਹੈ ਕਿ ਆਪ ਪਾਰਟੀ ਵੱਲੋਂ ਚੋਣਾਂ ਸਮੇਂ ਜੋ ਵਾਅਦੇ ਕੀਤੇ ਗਏ ਸਨ, ਉਹਨਾਂ ਨੂੰ ਲਾਗੂ ਕੀਤਾ ਜਾਵੇ, ਨਵਾਂ ਜੀ ਆਰ ਜੀ ਕਾਨੂੰਨ, ਚਾਰ ਲੇਬਰ ਕੋਡ ਅਤੇ ਅਮਰੀਕਾ ਨਾਲ ਕੀਤਾ ਵਪਾਰਿਕ ਸਮਝਾਉਤਾ ਤੁਰੰਤ ਰੱਦ ਕੀਤਾ ਜਾਵੇ। ਠੇਕਾ ਪ੍ਰਥਾ ਬੰਦ ਕਰਕੇ ਮੁਲਾਜ਼ਮਾਂ ਦੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ। ਧਰਨੇ ਨੂੰ ਹੋਰਨਾਂ ਤੋਂ ਇਲਾਵਾ ਸਿੰਦਰ ਕੌਰ ਹਰੀਗੜ੍ਹ, ਕਮਲਜੀਤ ਕੌਰ, ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

Leave a Reply

Your email address will not be published. Required fields are marked *