‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਵੇਗੀ ਹੋਰ ਤੇਜ਼: ਮੁੱਖ ਮੰਤਰੀ ਭਗਵੰਤ ਮਾਨ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਵੇਗੀ ਹੋਰ...
ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰਾਂ (ਡੀਸੀਜ਼), ਪੁਲਿਸ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨੂੰ ਕਿਹਾ ਹੈ ਕਿ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਪੂਰੀ ਤਰ੍ਹਾਂ ਮੁਕਤ ਕਰਨ ਤੱਕ ਇਹ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।
ਵਿਲੇਜ ਡਿਫੈਂਸ ਕਮੇਟੀਆਂ ਦੀ ਵਰਚੁਅਲ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਵੱਡੇ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜ ਕੇ ਇਸ ਮੁਹਿੰਮ ਨੇ ਨਸ਼ਿਆਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ 13 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ।
ਮੁੱਖ ਮੰਤਰੀ ਨੇ ਹਰ ਜ਼ਿਲ੍ਹੇ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਦੀਆਂ ਮਹੀਨਾਵਾਰ ਮੀਟਿੰਗਾਂ ਕਰਵਾਉਣ, ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਪੂਰੀ ਪਾਰਦਰਸ਼ਤਾ ਰੱਖਣ ਅਤੇ ਲੰਬਿਤ ਮਾਮਲਿਆਂ ਦੀ ਜਲਦੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ ਸ਼ਿਕਾਇਤਕਰਤਾਵਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇ ਅਤੇ ਪੁਲਿਸ ਟੀਮਾਂ ਨਿਯਮਿਤ ਤੌਰ ‘ਤੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਸ਼ਾਨਦਾਰ ਪਰੰਪਰਾ ਅਤੇ ਲੋਕਾਂ ਦੇ ਸਹਿਯੋਗ ਨਾਲ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਜਨ ਅੰਦੋਲਨ ਬਣਾਉਣ ਲਈ ਹਰ ਪੱਧਰ ‘ਤੇ ਸਰਗਰਮ ਅਤੇ ਨਤੀਜਾ-ਕੇਂਦਰਿਤ ਕਾਰਵਾਈ ਯਕੀਨੀ ਬਣਾਈ ਜਾਵੇ।
