ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ: ਡਾ. ਹਰਪ੍ਰੀਤ ਸਿੰਘ 

0
Screenshot 2025-08-22 201230

– ਡੇਂਗੂ ’ਤੇ ਵਾਰ : ਸਿਹਤ ਅਧਿਕਾਰੀਆਂ ਵੱਲੋਂ ਪਸ਼ੂ ਪਾਲਣ ਵਿਭਾਗ, ਨਵਾਂਸ਼ਹਿਰ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਦਾ ਨਿਰੀਖਣ

ਨਵਾਂਸ਼ਹਿਰ, 22 ਅਗਸਤ ((ਮਨੋਰੰਜਨ ਕਾਲੀਆ)  ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੀ ਸਰਵੀਲੈਂਸ ਟੀਮ ਨੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਦੀ “ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਨਿਰੀਖਣ ਕੀਤਾ।

ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਪਸ਼ੂ ਪਾਲਣ ਵਿਭਾਗ, ਨਵਾਂਸ਼ਹਿਰ ਵਿਖੇ ਡੇੰਗੂ ਲਾਰਵੇ ਦੀ ਜਾਂਚ ਕੀਤੀ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਖਾਲੀ ਗਮਲਿਆਂ, ਕੂਲਰਾਂ ਵਿਚ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ। ਮੌਕੇ ’ਤੇ ਮੌਜੂਦ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ। 

ਡਾ. ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਸਾਰੇ ਜ਼ਿਲ੍ਹੇ ਵਿਚ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿੱਥੇ ਘਰ-ਘਰ ਤੇ ਦਫਤਰਾਂ ਵਿੱਚ ਜਾ ਕੇ ਸਰਵੇਖਣ ਕਰ ਰਹੇ ਹਨ, ਉੱਥੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇਕੋ-ਇਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ।

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਸਿੰਘ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੂਨ ਤੋਂ ਲੈ ਕੇ ਨਵੰਬਰ ਅਖ਼ੀਰ ਤੱਕ ਜ਼ਿਆਦਾ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।

Leave a Reply

Your email address will not be published. Required fields are marked *