ਸਰਹੱਦੀ ਕਿਸਾਨਾਂ ਨੂੰ ਦੇਵਾਂਗੇ ਵੱਧ ਮੁਆਵਜ਼ਾ, ਸਕਿੱਲ ਯੂਨੀਵਰਸਿਟੀ ਵੀ ਕਰਾਂਗੇ ਸਥਾਪਿਤ : ਬਾਦਲ

ਬਾਦਲ ਦੀ ਹਾਜ਼ਰੀ ’ਚ ਸੈਂਕੜੇ ਸਰਪੰਚ/ਪੰਚ ਤੇ ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਮੈਂਬਰ ਅਕਾਲੀ ਦਲ ‘ਚ ਹੋਏ ਸ਼ਾਮਲ

ਤਰਨ ਤਾਰਨ, 21 ਮਾਰਚ (ਨਿਊਜ਼ ਟਾਊਨ ਨੈਟਵਰਕ) : ਸ਼੍ਰੋਮਣੀ ਅਕਾਲੀ ਦਲ ਨੂੰ ਇਸ ਹਲਕੇ ਵਿਚ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸੈਕੜੇ ਸਰਪੰਚ, ਪੰਚ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋ ਗਏ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸ਼ੇਰੋਂ ਦੇ ਸਰਪੰਚ ਅਵਤਾਰ ਸਿੰਘ ਬਿੱਲਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਰਸ਼ਨ ਕੌਰ ਅਤੇ ਰਮਨਦੀਪ ਕੌਰ ਤੇ ਸੈਂਕੜੇ ਅਨੇਕਾਂ ਮੈਂਬਰ ਤੇ ਉਹਨਾਂ ਦੇ ਸਮਰਥਕ ਸ਼ਾਮਲ ਸਨ। ਇਸ ਮੌਕੇ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਵਿਚ ਵਿਸ਼ਵਾਸ ਪ੍ਰਗਟ ਕਰਨ ’ਤੇ ਇਹਨਾਂ ਆਗੂਆਂ ਦਾ ਧੰਨਵਾਦ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇੰਨੇ ਥੋੜ੍ਹੇ ਸਮੇਂ ਵਿਚ ਹਜ਼ਾਰਾਂ ਲੋਕਾਂ ਦਾ ਇਕੱਤਰ ਹੋਣਾ ਇਹ ਦਰਸਾਉਂਦਾ ਹੈ ਕਿ ਲੋਕਾਂ ਨੂੰ ਉਹਨਾਂ ਦੀ ਆਪਣੀ ਖੇਤਰੀ ਪਾਰਟੀ ’ਤੇ ਕਿੰਨਾ ਵਿਸ਼ਵਾਸ ਹੈ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਸਰਹੱਦੀ ਇਲਾਕੇ ਦੇ ਵਿਕਾਸ ਵਾਸਤੇ ਵਚਨਬੱਧ ਹੈ। ਉਹਨਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਸਰਹੱਦੀ ਪੱਟੀ ਵਾਸਤੇ ਕੱਖ ਵੀ ਨਹੀਂ ਕੀਤਾ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਰਹੱਦੀ ਪੱਟੀ ਵਿਚ ਉਦਯੋਗਿਕ ਵਿਕਾਸ ਵਾਸਤੇ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਦੇ ਨਾਲ ਕੰਡਿਆਲੀ ਤਾਰ ਦੇ ਪਾਰ ਖੇਤੀ ਕਰਦੇ ਕਿਸਾਨਾਂ ਵਾਸਤੇ ਵੱਧ ਮੁਆਵਜ਼ਾ ਦੇਵੇਗੀ। ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸਰਹੱਦੀ ਪੱਟੀ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਪ੍ਰਦਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜੋ ਉਦਯੋਗਪਤੀ ਇਥੇ ਆਪਣੀਆਂ ਇਕਾਈਆਂ ਸਥਾਪਿਤ ਕਰਨਾ ਚਾਹੁਣਗੇ, ਉਹਨਾਂ ਨੂੰ 75 ਫੀਸਦੀ ਨੌਕਰੀਆਂ ਪੰਜਾਬੀਆਂ ਵਾਸਤੇ ਰਾਖਵੀਂਆਂ ਕਰਨੀਆਂ ਪੈਣਗੀਆਂ। ਉਹਨਾਂ ਇਹ ਵੀ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਇਕ ਸਕਿੱਲ ਯੂਨੀਵਰਸਿਟੀ ਸਥਾਪਿਤ ਕਰੇਗੀ ਜਿਸਦਾ ਮਕਸਦ ਉਦਯੋਗਾਂ ਦੀ ਜ਼ਰੂਰਤ ਮੁਤਾਬਕ ਨੌਜਵਾਨਾਂ ਨੂੰ ਹੁਨਰ ਸਿੱਖਲਾਈ ਦੇਣਾ ਹੋਵੇਗਾ।
