2027 ਵਿੱਚ ਕਾਂਗਰਸ ਦੀ ਸਰਕਾਰ ਬਣਨ ਨਾਲ ਪੰਜਾਬ ਮੁੜ ਤਰੱਕੀ ਦੇ ਰਾਹ ’ਤੇ ਤੁਰੇਗਾ : ਕੁਲਵੰਤ ਸਿੰਗਲਾ

ਮਾਨਸਾ , 13 ਮਈ ( ਬਹਾਦਰ ਖ਼ਾਨ ) :- ਪੰਜਾਬ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਅੱਜ ਜੋਗਾ ਵਿਖੇ ਜ਼ਿਲਾ ਕਾਂਗਰਸ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਮੀਟਿੰਗ ਦੌਰਾਨ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ, ਲੋਕਾਂ ਨਾਲ ਸੰਪਰਕ ਮੁਹਿੰਮ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲਾ ਕਾਂਗਰਸ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਵਿਕਾਸ ਲਈ ਕੰਮ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਹੋਰ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਉਹ ਮੁੜ ਕਾਂਗਰਸ ਪਾਰਟੀ ਵੱਲ ਉਮੀਦ ਭਰੀ ਨਜ਼ਰ ਨਾਲ ਦੇਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ ਅਤੇ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਏਗੀ। ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਰ ਉਸ ਵਿਅਕਤੀ ਦਾ ਦਿਲੋਂ ਸਤਿਕਾਰ ਕਰਦੀ ਹੈ ਜੋ ਪਾਰਟੀ ਦੀ ਵਿਚਾਰਧਾਰਾ ਨਾਲ ਜੁੜਿਆ ਹੋਇਆ ਹੈ ਜਾਂ ਪਾਰਟੀ ਨੂੰ ਪਿਆਰ ਕਰਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਵਰਕਰਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਧ ਤੋਂ ਵੱਧ ਲੋਕਾਂ ਨੂੰ ਨਾਲ ਜੋੜ ਕੇ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਤਾਕਤ ਉਸਦੇ ਨਿਸ਼ਠਾਵਾਨ ਵਰਕਰ ਹਨ, ਜੋ ਹਰ ਸਮੇਂ ਲੋਕਾਂ ਦੇ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਅਤੇ ਹੱਲ ਲਈ ਆਵਾਜ਼ ਉਠਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਬੇਰੁਜ਼ਗਾਰੀ, ਨਸ਼ਿਆਂ ਦਾ ਮਸਲਾ, ਕਿਸਾਨਾਂ ਦੀਆਂ ਮੁਸ਼ਕਲਾਂ, ਮਹਿੰਗਾਈ ਅਤੇ ਵਿਕਾਸ ਕਾਰਜਾਂ ਦੀ ਮੰਦ ਗਤੀ ਨੇ ਲੋਕਾਂ ਨੂੰ ਚਿੰਤਿਤ ਕੀਤਾ ਹੋਇਆ ਹੈ। ਕਾਂਗਰਸ ਪਾਰਟੀ ਨੇ ਆਪਣੇ ਸ਼ਾਸਨ ਦੌਰਾਨ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਈ ਲੋਕ ਭਲਾਈ ਯੋਜਨਾਵਾਂ ਚਲਾਈਆਂ ਸਨ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਭਲਾਈ ਲਈ ਵਚਨਬੱਧ ਰਹੇਗੀ। ਮੀਟਿੰਗ ਦੌਰਾਨ ਪਾਰਟੀ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਕਾਂਗਰਸ ਦੀਆਂ ਨੀਤੀਆਂ ਬਾਰੇ ਜਾਣਕਾਰੀ ਦੇਣ ਲਈ ਪ੍ਰੇਰਿਤ ਕੀਤਾ ਗਿਆ। ਸਿੰਗਲਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੇ ਪੱਧਰ ’ਤੇ ਮੀਟਿੰਗਾਂ ਅਤੇ ਜਨ ਸੰਪਰਕ ਮੁਹਿੰਮਾਂ ਚਲਾਈਆਂ ਜਾਣਗੀਆਂ, ਤਾਂ ਜੋ ਲੋਕਾਂ ਤੱਕ ਪਾਰਟੀ ਦਾ ਸੰਦੇਸ਼ ਪਹੁੰਚਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਸੂਬੇ ਵਿੱਚ ਇੱਕ ਮਜ਼ਬੂਤ ਅਤੇ ਦੂਰਦਰਸ਼ੀ ਸਰਕਾਰ ਦੀ ਲੋੜ ਹੈ ਅਤੇ ਇਹ ਯੋਗਤਾ ਕੇਵਲ ਕਾਂਗਰਸ ਪਾਰਟੀ ਵਿੱਚ ਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ, ਜਿਸ ਕਾਰਨ ਆਮ ਲੋਕਾਂ ਵਿੱਚ ਨਿਰਾਸ਼ਾ ਦਾ ਮਾਹੌਲ ਹੈ। ਇਸ ਮੌਕੇ ਹੋਰ ਕਾਂਗਰਸੀ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਾਰੇ ਵਰਕਰ ਇਕਜੁੱਟ ਹੋ ਕੇ ਕੰਮ ਕਰਨਗੇ। ਇਸ ਸਮੇ ਪੀਪੀਸੀਸੀ ਕੋ ਆਰਡੀਨੇਟਰ ਸ੍ਰੀਮਤੀ ਪ੍ਰਿਤਪਾਲ ਕੌਰ ਬਾਧਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਸਬ ਦੀ ਸਾਂਝੀ ਪਾਰਟੀ ਹੈ ਆਓ ਸਾਰੇ ਰਲ ਮਿਲ ਕੇ ਪਾਰਟੀ ਨੂੰ ਮਜ਼ਬੂਤ ਕਰਾਈਏ ਮੀਟਿੰਗ ਦੌਰਾਨ ਵਿੱਕੀ ਜ਼ੈਲਦਾਰ, ਚਮਕੌਰ ਸਿੰਘ ਮੂਸੇਵਾਲਾ, ਸਿਮਰਨਜੀਤ ਸਿੰਘ, ਪ੍ਰਿਤਪਾਲ ਕੌਰ ਬਡਲਾ ਜੋਗਾ ਇੰਚਾਰਜ ਮੱਖਣ ਸ਼ਰਮਾ, ਜਗਜੀਤ ਸਿੰਘ ਮਿੰਟੂ ਸਿੰਘ ਬਿੱਟੂ ਸਿੰਘ ਧਰੁਬ ਗੋਇਲ ਅਤੇ ਸਤਗੁਰ ਸਿੰਘ ਜਲਵੇੜਾ ਸਮੇਤ ਹੋਰ ਕਈ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ। ਸਮਾਗਮ ਦੌਰਾਨ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਆਗੂਆਂ ਨੇ ਇਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ।
