ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਮਾਡਲ ਕੋਡ ਆਫ਼ ਕੰਡਕਟ ਲਾਗੂ

ਚੋਣ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼
ਮਾਲੇਰਕੋਟਲਾ 14 ਮਈ ( ਮੁਨਸ਼ੀ ਫ਼ਾਰੂਕ) ਸਕੱਤਰ ਰਾਜ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਪੋਰੇਸ਼ਨਾਂ/ਨਗਰ ਕੌਂਸਲਾਂ/ਨਗਰ ਪੰਚਾਇਤਾਂ 2026 ਦੀਆਂ ਚੋਣਾਂ 26 ਮਈ ਦਿਨ ਮੰਗਲਵਾਰ ਨੂੰ ਕਰਵਾਈਆਂ ਜਾ ਰਹੀਆਂ ਹਨ। ਚੋਣਾਂ ਦੇ ਐਲਾਨ ਦੇ ਨਾਲ ਹੀ ਸੰਬੰਧਤ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀ ਹਦੂਦ ਅੰਦਰ ਮਾਡਲ ਕੋਡ ਆਫ਼ ਕੰਡਕਟ ਲਾਗੂ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਕਰਵਾਉਣ ਲਈ ਮਾਡਲ ਕੋਡ ਆਫ਼ ਕੰਡਕਟ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਹੁਕਮਾਂ ਅਨੁਸਾਰ ਕੋਈ ਵੀ ਉਮੀਦਵਾਰ ਧਰਮ, ਜਾਤ ਜਾਂ ਭਾਈਚਾਰੇ ਦੇ ਆਧਾਰ ’ਤੇ ਵੋਟਾਂ ਦੀ ਮੰਗ ਨਹੀਂ ਕਰੇਗਾ ਅਤੇ ਨਾ ਹੀ ਕਿਸੇ ਧਾਰਮਿਕ ਸਥਾਨ ਨੂੰ ਚੋਣ ਪ੍ਰਚਾਰ ਲਈ ਵਰਤਿਆ ਜਾਵੇਗਾ। ਕਿਸੇ ਵੀ ਉਮੀਦਵਾਰ ਦੇ ਨਿੱਜੀ ਜੀਵਨ ਸਬੰਧੀ ਅਪ੍ਰਮਾਣਿਤ ਦੋਸ਼ ਜਾਂ ਭੜਕਾਊ ਬਿਆਨਬਾਜ਼ੀ ਕਰਨ ’ਤੇ ਮਨਾਹੀ ਹੋਵੇਗੀ। ਇਸ ਤੋਂ ਇਲਾਵਾ ਬਿਨਾਂ ਮਨਜ਼ੂਰੀ ਸਰਕਾਰੀ ਜਾਂ ਨਿੱਜੀ ਜਾਇਦਾਦ ’ਤੇ ਪੋਸਟਰ, ਬੈਨਰ ਜਾਂ ਹੋਰ ਚੋਣ ਸਮੱਗਰੀ ਲਗਾਉਣ ’ਤੇ ਪਾਬੰਦੀ ਰਹੇਗੀ। ਉਮੀਦਵਾਰਾਂ ਨੂੰ ਜਨਤਕ ਮੀਟਿੰਗਾਂ, ਜਲੂਸਾਂ ਅਤੇ ਲਾਊਡ ਸਪੀਕਰਾਂ ਦੀ ਵਰਤੋਂ ਲਈ ਸਬੰਧਤ ਅਧਿਕਾਰੀ ਤੋਂ ਪਹਿਲਾਂ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ। ਕੋਈ ਵੀ ਉਮੀਦਵਾਰ ਬਿਨਾ ਮਨਜੂਰੀ ਲਾਊਡ ਸਪੀਕਰ ਦੀ ਵਰਤੋਂ ਨਹੀਂ ਕਰ ਸਕਦਾ ਅਤੇ ਮਨਜੂਰੀ ਉਪਰੰਤ ਵੀ ਲਾਊਡ ਸਪੀਕਰ ਸਵੇਰੇ 7 ਵਜੇ ਤੋਂ ਰਾਤ 10 ਵਜੇ ਤੱਕ ਹੀ ਵਰਤੇ ਜਾ ਸਕਦੇ ਹਨ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਉਮੀਦਵਾਰ ਜਾਂ ਉਸਦੇ ਸਮਰਥਕ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦਾ ਲਾਲਚ, ਤੋਹਫ਼ਾ ਜਾਂ ਸ਼ਰਾਬ ਆਦਿ ਨਹੀਂ ਵੰਡਣਗੇ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਚੋਣ ਪ੍ਰਚਾਰ ਕਰਨ ’ਤੇ ਵੀ ਪਾਬੰਦੀ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਸਮੂਹ ਉਮੀਦਵਾਰਾਂ, ਸਿਆਸੀ ਪਾਰਟੀਆਂ ਅਤੇ ਆਮ ਲੋਕਾਂ ਨੂੰ ਮਾਡਲ ਕੋਡ ਆਫ਼ ਕੰਡਕਟ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਚੋਣਾਂ ਨੂੰ ਅਮਨ-ਸ਼ਾਂਤੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
